Bible Languages

Indian Language Bible Word Collections

Bible Versions

Books

Matthew Chapters

Matthew 15 Verses

Bible Versions

Books

Matthew Chapters

Matthew 15 Verses

1 ਤਦ ਫਰੀਸੀਆਂ ਅਰ ਗ੍ਰੰਥੀਆਂ ਨੇ ਯਰੂਸ਼ਲਮ ਤੋਂ ਯਿਸੂ ਦੇ ਕੋਲ ਆਣ ਕੇ ਕਿਹਾ
2 ਤੇਰੇ ਚੇਲੇ ਵੱਡਿਆਂ ਦੀ ਰੀਤ ਨੂੰ ਕਿਉਂ ਉਲੰਘਣ ਕਰਦੇ ਹਨ ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?
3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਵੀ ਕਿਉਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਨੂੰ ਉਲੰਘਣ ਕਰਦੇ ਹੋ?
4 ਕਿਉਂ ਜੋ ਪਰਮੇਸ਼ੁਰ ਨੇ ਫ਼ਰਮਾਇਆ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ
5 ਪਰ ਤੁਸੀਂ ਆਖਦੇ ਹੋ ਭਈ ਜਿਹੜਾ ਪਿਤਾ ਯਾ ਮਾਤਾ ਨੂੰ ਕਹੇ ਕਿ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਭੇਟ ਹੋ ਗਿਆ, ਉਹ ਆਪਣੇ ਪਿਤਾ ਯਾ ਮਾਤਾ ਦਾ ਆਦਰ ਨਾ ਕਰੇ
6 ਐਉਂ ਤੁਸਾਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਅਕਾਰਥ ਕਰ ਦਿੱਤਾ
7 ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ
8 ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
9 ਓਹ ਵਿਰਥਾ ਮੇਰੀ ਉਪਾਸਨਾ ਕਰਦੇ ਹਨ, ਓਹ ਮਨੁੱਖਾਂ ਦੇ ਹੁਕਮਾਂ ਦੀ ਸਿਖਿਆ ਦਿੰਦੇ ਹਨ।।
10 ਉਸ ਨੇ ਲੋਕਾਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ
11 ਕੀ ਜੋ ਕੁਝ ਮੂੰਹ ਵਿੱਚ ਜਾਂਦਾ ਹੈ ਸੋ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦਾ ਬਲਕਣ ਜੋ ਮੂੰਹੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਭ੍ਰਿਸ਼ਟ ਕਰਦਾ ਹੈ
12 ਤਦ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਆਖਿਆ, ਭਲਾ, ਤੈਨੂੰ ਮਲੂਮ ਹੈ ਜੋ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ?
13 ਉਹ ਨੇ ਉੱਤਰ ਦਿੱਤਾ ਭਈ ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜ੍ਹੋਂ ਪੁਟਿਆ ਜਾਵੇਗਾ
14 ਉਨ੍ਹਾਂ ਨੂੰ ਜਾਣ ਦਿਓ, ਓਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ
15 ਤਦ ਪਤਰਸ ਨੇ ਅੱਗੋਂ ਉਹ ਨੂੰ ਆਖਿਆ ਜੋ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ
16 ਉਹ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ?
17 ਕੀ ਤੁਸੀਂ ਨਹੀਂ ਸਮਝਦੇ ਭਈ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਢਿੱਡ ਵਿੱਚ ਪੈਂਦਾ ਅਤੇ ਬਾਹਰ ਸੇਦਖ਼ਾਨੇ ਵਿੱਚ ਸੁੱਟਿਆ ਜਾਂਦਾ ਹੈ?
18 ਪਰ ਜਿਹੜੀਆਂ ਗੱਲਾਂ ਮੂੰਹੋਂ ਨਿੱਕਲਦੀਆਂ ਹਨ ਓਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਏਹੋ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ
19 ਕਿਉਂਕਿ ਬੁਰੇ ਖ਼ਿਆਲ, ਖ਼ੂਨ, ਜਨਾਕਾਰੀਆਂ, ਹਰਾਮਕਾਰੀਆਂ, ਚੋਰੀਆਂ, ਝੂਠੀਆਂ ਉਗਾਹੀਆਂ, ਕੁਫ਼ਰ ਦਿਲ ਵਿੱਚੋਂ ਨਿੱਕਲਦੇ ਹਨ
20 ਏਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ ਪਰ ਅਣਧੋਤੇ ਹੱਥਾਂ ਨਾਲ ਰੋਟੀ ਖਾਣੀ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦੀ।।
21 ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ
22 ਅਰ ਵੇਖੋ ਇੱਕ ਕਨਾਨੀ ਤੀਵੀਂ ਉਨ੍ਹਾਂ ਹੱਦਾਂ ਵਿੱਚੋਂ ਨਿੱਕਲ ਕੇ ਹਾਕਾਂ ਮਾਰਦੀ ਬੋਲੀ ਕਿ ਹੇ ਪ੍ਰਭੁ ਦਾਊਦ ਦੇ ਪੁੱਤ੍ਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬਦ ਰੂਹ ਦੇ ਸਾਯੇ ਨਾਲ ਬੁਰਾ ਹਾਲ ਹੈ
23 ਪਰ ਉਹ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ। ਤਦ ਉਹ ਦੇ ਚੇਲਿਆਂ ਨੇ ਕੋਲ ਆਣ ਕੇ ਉਹ ਦੇ ਅੱਗੇ ਅਰਜ ਕੀਤੀ ਭਈ ਉਸ ਨੂੰ ਵਿਦਿਆ ਕਰ ਕਿਉਂ ਜੋ ਉਹ ਸਾਡੇ ਮਗਰ ਡੰਡ ਪਾਉਂਦੀ ਹੈ
24 ਉਹ ਨੇ ਅੱਗੋਂ ਆਖਿਆ, ਮੈਂ ਇਸਰਾਏਲ ਦੇ ਪਰਵਾਰ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨਾ ਹੋਰਨਾਂ ਕੋਲ ਨਹੀਂ ਘੱਲਿਆ ਗਿਆ
25 ਪਰ ਉਹ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੁ ਜੀ ਮੇਰੀ ਸਹਾਇਤਾ ਕਰੋ!
26 ਤਾਂ ਉਹ ਨੇ ਉੱਤਰ ਦਿੱਤਾ ਕਿ ਬਾਲਕਾਂ ਦੀ ਰੋਟੀ ਲੈਕੇ ਕਤੂਰਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ
27 ਉਹ ਬੋਲੀ, ਠੀਕ ਪ੍ਰਭੁ ਜੀ ਪਰ ਜਿਹੜੇ ਚੂਰੇ ਭੂਰੇ ਉਨ੍ਹਾਂ ਦੇ ਮਾਲਕਾਂ ਦੀ ਮੇਜ਼ ਦੇ ਉੱਤੋਂ ਡਿੱਗਦੇ ਹਨ ਓਹ ਕਤੂਰੇ ਭੀ ਖਾਂਦੇ ਹਨ
28 ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰੀ ਨਿਹਚਾ ਵੱਡੀ ਹੈ। ਜਿਵੇਂ ਤੂੰ ਚਾਹੁੰਦੀ ਹੈਂ, ਤੇਰੇ ਲਈ ਤਿਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਘੜੀ ਚੰਗੀ ਹੋ ਗਈ।।
29 ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬਹਿ ਗਿਆ
30 ਅਤੇ ਬਹੁਤ ਟੋਲੀਆਂ, ਲੰਙਿਆਂ, ਅੰਨ੍ਹਿਆਂ, ਗੁੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਆਪਣੇ ਸੰਗ ਲੈਕੇ ਉਹ ਦੇ ਕੋਲ ਆਈਆਂ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਰ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ
31 ਐਥੋਂ ਤੋੜੀ ਕਿ ਜਾਂ ਲੋਕਾਂ ਨੇ ਵੇਖਿਆ ਜੋ ਗੁੰਗੇ ਬੋਲਦੇ, ਟੁੰਡੇ ਚੰਗੇ ਹੁੰਦੇ ਅਤੇ ਲੰਙੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਵਡਿਆਈ ਕੀਤੀ।।
32 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਰ ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆ ਵਿਦਿਆਂ ਕਰਾਂ ਮਤੇ ਓਹ ਰਸਤੇ ਵਿੱਚ ਹੁੱਸ ਜਾਣ
33 ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐੱਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
34 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਓਹ ਬੋਲੇ, ਸੱਤ ਅਤੇ ਥੋੜ੍ਹੀਆਂ ਨਿੱਕੀਆਂ ਮੱਛੀਆਂ ਹਨ
35 ਤਦ ਉਸ ਨੇ ਭੀੜ ਨੂੰ ਆਖਿਆ ਜੋ ਭੁੰਞੇਂ ਬੈਠ ਜਾਣ
36 ਤਾਂ ਉਸ ਨੇ ਓਹ ਸੱਤ ਰੋਟੀਆਂ ਅਰ ਮੱਛੀਆਂ ਲਈਆਂ ਅਤੇ ਸ਼ੁਕਰ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ
37 ਅਤੇ ਓਹ ਸੱਭੇ ਖਾ ਕੇ ਰੱਜ ਗਏ ਅਰ ਬਚਿਆਂ ਹੋਇਆਂ ਟੁਕੜਿਆਂ ਨਾਲ ਉਨ੍ਹਾਂ ਨੇ ਸੱਤ ਟੋਕਰੇ ਭਰੇ ਹੋਏ ਚੁੱਕ ਲਏ
38 ਅਤੇ ਖਾਣ ਵਾਲੇ ਜਨਾਨੀਆਂ ਅਤੇ ਬਾਲਕਾਂ ਬਿਨਾ ਚਾਰ ਹਜ਼ਾਰ ਮਰਦ ਸਨ
39 ਫੇਰ ਲੋਕਾਂ ਨੂੰ ਵਿਦਿਆ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੀਆਂ ਹੱਦਾਂ ਵਿੱਚ ਆਇਆ।।

Matthew 15:1 Punjabi Language Bible Words basic statistical display

COMING SOON ...

×

Alert

×